English
Friday, February 3, 2023
English

ਭਾਕਿਯੂ ਏਕਤਾ ਉਗਰਾਹਾਂ ਵਲੋਂ ਲੱਗੇ ਪੱਕੇ ਮੋਰਚੇ ‘ਚ ਵੱਡੀ ਗਿਣਤੀ ‘ਚ ਪਹੁੰਚ ਰਹੇ ਲੋਕ

ਭਾਕਿਯੂ ਏਕਤਾ ਉਗਰਾਹਾਂ ਦੀ ਅਗਵਾਈ ਹੇਠ ਮੁੱਖ ਮੰਤਰੀ ਭਗਵੰਤ ਮਾਨ ਦੀ ਕੋਠੀ ਅੱਗੇ ਕੇਂਦਰ ਅਤੇ ਰਾਜ ਸਰਕਾਰ ਖ਼ਿਲਾਫ਼ ਅਣਮਿਥੇ ਸਮੇਂ ਲਈ ਚੱਲ ਰਿਹਾ ਪੱਕਾ ਮੋਰਚੇ ਵਿਚ ਹੁਣ ਦਿੱਲੀ ਕਿਸਾਨ ਅੰਦੋਲਨ ਰੌਣਕਾਂ ਲੱਗਣੀਆਂ ਸ਼ੁਰੂ ਹੋ ਗਈਆਂ ਹਨ। ਇਸ ਧਰਨੇ ਵਿਚ ਵੀ ਦਿੱਲੀ ਵਾਂਗ ਸੜਕ ਕਿਨਾਰੇ ਕਿਸਾਨਾਂ ਦੀਆਂ ਟਰਾਲੀਆਂ ਖੜ੍ਹੀਆਂ ਹਨ, ਜਿਨ੍ਹਾਂ ਨੂੰ ਉਨ੍ਹਾਂ ਰੈਣ ਬਸੇਰੇ ਬਣਾਇਆ ਹੋਇਆ ਹੈ।

ਇਥੇ ਲੰਗਰ ਵਰਤਾਏ ਜਾ ਰਹੇ ਹਨ ਤੇ ਲੋਕ ਵੱਡੀ ਗਿਣਤੀ ਵਿਚ ਸ਼ਿਰਕਤ ਕਰ ਰਹੇ ਹਨ। ਅੱਜ ਮੋਰਚੇ ਦੇ ਚੌਥੇ ਦਿਨ ਦੀ ਵਾਗਡੋਰ ਕਿਸਾਨ ਬੀਬੀਆਂ ਦੇ ਹੱਥ ਰਹੀ। ਮੰਚ ਤੋਂ ਬੋਲਦਿਆਂ ਕਿਸਾਨ ਬੀਬੀਆਂ ਨੇ ਜਿਥੇ ਔਰਤਾਂ ਨੂੰ ਘਰਾਂ ‘ਚੋਂ ਬਾਹਰ ਨਿਕਲ ਕੇ ਆਪਣੇ ਹੱਕਾਂ ਲਈ ਸੰਘਰਸ਼ਾਂ ਵਿੱਚ ਕੁੱਦਣ ਦਾ ਸੱਦਾ ਦਿੱਤਾ ਉਥੇ ਯੂਨੀਅਨ ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੇ ਸੰਘਰਸ਼ਸ਼ੀਲ ਔਰਤਾਂ ਦੇ ਸਿਦਕ ਸਿਰੜ ਦੀ ਸ਼ਲਾਘਾ ਕਰਦਿਆਂ ਕਿਸਾਨਾਂ ਨੂੰ 15 ਅਕਤੂਬਰ ਦੇ ਲਲਕਾਰ ਦਿਵਸ ਵਾਸਤੇ ਲਾਮਬੰਦੀ ਲਈ ਦਿਨ-ਰਾਤ ਇੱਕ ਕਰਨ ਦਾ ਸੱਦਾ ਦਿੱਤਾ।

ਅੱਜ ਪੱਕੇ ਮੋਰਚੇ ਦੇ ਚੌਥੇ ਦਿਨ ਬਸੰਤੀ ਰੰਗ ਦੀਆਂ ਚੁੰਨੀਆਂ ਵਾਲੀਆਂ ਕਿਸਾਨ ਬੀਬੀਆਂ ਦਾ ਹੜ੍ਹ ਆਇਆ ਹੋਇਆ ਸੀ। ਮੋਰਚੇ ਦੀ ਸਟੇਜ ਵੀ ਅੱਜ ਕਿਸਾਨ ਬੀਬੀਆਂ ਹੱਥ ਰਹੀ। ਸਟੇਜ ਸਕੱਤਰ ਅਤੇ ਬੁਲਾਰਿਆਂ ਦੀ ਜ਼ਿੰਮੇਵਾਰੀ ਵੀ ਔਰਤਾਂ ਨੇ ਹੀ ਨਿਭਾਈ ਅਤੇ ਬੁਲੰਦ ਆਵਾਜ਼ ਵਿਚ ਤਿੱਖੀਆਂ ਤਕਰੀਰਾਂ ਰਾਹੀਂ ਕਿਸਾਨਾਂ ਨੂੰ ਆਪਣੇ ਹੱਕਾਂ ਦੀ ਪ੍ਰਾਪਤੀ ਲਈ ਸੰਘਰਸ਼ਾਂ ਵਿਚ ਕੁੱਦਣ ਦਾ ਸੱਦਾ ਦਿੱਤਾ। ਯੂਨੀਅਨ ਦੀ ਸੂਬਾ ਆਗੂ ਹਰਿੰਦਰ ਕੌਰ ਬਿੰਦੂ ਨੇ ਦੋਸ਼ ਲਾਇਆ ਕਿ 7 ਅਕਤੂਬਰ ਦੀ ਮੀਟਿੰਗ ਵਿਚ ਮੰਨੀਆਂ ਮੰਗਾਂ ਬਾਰੇ ਮੁੱਖ ਮੰਤਰੀ ਵਲੋਂ ਵੱਟੀ ਚੁੱਪ ਖ਼ਿਲਾਫ਼ ਕਿਸਾਨਾਂ ਵਿੱਚ ਰੋਸ ਪੈਦਾ ਹੋ ਰਿਹਾ ਹੈ।

ਮੁੱਖ ਮੰਤਰੀ ਦੀ ਚੁੱਪ ਤੋੜਨ ਅਤੇ ਸਰਕਾਰ ਦੇ ਕੰਨ ਖੋਲ੍ਹਣ ਲਈ 15 ਅਕਤੂਬਰ ਨੂੰ ਹੋਣ ਵਾਲੀ ‘ਲਲਕਾਰ ਰੈਲੀ’ ਸਰਕਾਰ ਦੇ ਭਰਮ ਭੁਲੇਖੇ ਦੂਰ ਕਰ ਦੇਵੇਗੀ ਅਤੇ ਹਜ਼ਾਰਾਂ ਦੀ ਗਿਣਤੀ ‘ਚ ਔਰਤਾਂ ਰੈਲੀ ਵਿੱਚ ਸ਼ਾਮਲ ਹੋ ਕੇ ਹਾਕਮਾਂ ਖ਼ਿਲਾਫ਼ ਆਵਾਜ਼ ਬੁਲੰਦ ਕਰਨਗੀਆਂ। ਜਸਵੀਰ ਕੌਰ ਉਗਰਾਹਾਂ ਨੇ ਕਿਹਾ ਕਿ ਸਰਕਾਰਾਂ ਵੱਲੋਂ ਅੰਨਦਾਤੇ ਨੂੰ ਆਪਣੀਆਂ ਮੰਗਾਂ ਮੰਨਵਾਉਣ ਲਈ ਸੜਕਾਂ ਉਪਰ ਰੁਲਣ ਲਈ ਮਜਬੂਰ ਕੀਤਾ ਜਾ ਰਿਹਾ ਹੈ ਅਤੇ ਕਾਰਪੋਰੇਟ ਪੱਖੀ ਨੀਤੀਆਂ ਬਣਾ ਕੇ ਕਿਸਾਨੀ ਨੂੰ ਤਬਾਹ ਕਰਨ ਦੀਆਂ ਚਾਲਾਂ ਚੱਲੀਆਂ ਜਾ ਰਹੀਆਂ ਹਨ ਜਿਨ੍ਹਾਂ ਨੂੰ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ।

ਪਰਮਜੀਤ ਕੌਰ ਪਿੱਥੋ ਨੇ ਕਿਹਾ ਕਿ ਪਰਾਲੀ ਸਾੜਨ ਵਾਲੇ ਕਿਸਾਨਾਂ ਖ਼ਿਲਾਫ਼ ਕਾਰਵਾਈ ਲਈ ਨਿੱਤ ਨਵੇਂ ਫ਼ਰਮਾਨ ਜਾਰੀ ਕੀਤਾ ਜਾ ਰਹੇ ਹਨ ਪਰ ਖੇਤਾਂ ਦੇ ਪੁੱਤ ਸਰਕਾਰੀ ਧਮਕੀਆਂ ਤੋਂ ਡਰਨ ਵਾਲੇ ਨਹੀਂ। ਕਰਮਜੀਤ ਕੌਰ ਮੋਗਾ ਨੇ ਕਿਹਾ ਕਿ ਪਰਾਲੀ ਸਾੜਨਾ ਕਿਸਾਨਾਂ ਦਾ ਕੋਈ ਸ਼ੌਕ ਨਹੀਂ ਸਗੋਂ ਮਜਬੂਰੀ ਹੈ ਅਤੇ ਸਰਕਾਰ ਨੂੰ ਪਰਾਲੀ ਦਾ ਯੋਗ ਪ੍ਰਬੰਧ ਕਰਨਾ ਚਾਹੀਦਾ ਹੈ।

- Advertisement -
Latest news
- Advertisement -
Related news