Ludhiana News: ਪੰਜਾਬ ਦੇ ਜ਼ਿਲ੍ਹੇ ਲੁਧਿਆਣਾ ਤੋਂ ਵੱਡੀ ਖਬਰ ਸਾਹਮਣੇ ਆ ਰਹੀ ਹੈ। ਦੱਸ ਦੇਈਏ ਕਿ ਇਸ ਸਮੇਂ ਜ਼ਿਲ੍ਹੇ ਵਿੱਚ ਹਾਹਾਕਾਰ ਮੱਚਿਆ ਹੋਇਆ ਹੈ। ਦਰਅਸਲ, ਲੁਧਿਆਣਾ ਦੇ ਪਿੰਡ ਜੋਧਾਂ ਵਿਚ ਪਟਾਕਾ ਫੈਕਟਰੀ ਵਿਚ ਹੋਏ ਧਮਾਕੇ ਮਗਰੋਂ ਭਾਰਤੀ ਫ਼ੌਜ ਵੀ ਅਲਰਟ ‘ਤੇ ਹੈ। ਫ਼ੌਜ ਦੇ ਜਵਾਨਾਂ ਵੱਲੋਂ ਪੂਰੇ ਇਲਾਕੇ ਨੂੰ ਸੀਲ ਕਰ ਦਿੱਤਾ ਗਿਆ ਹੈ ਅਤੇ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ। ਇਹ ਵੀ ਖ਼ਦਸ਼ਾ ਜਤਾਇਆ ਜਾ ਰਿਹਾ ਹੈ ਕਿ ਇਹ ਫੈਕਟਰੀ ਸਿਰਫ਼ ਪਟਾਕੇ ਬਣਾਉਣ ਤੱਕ ਹੀ ਸੀਮਤ ਨਹੀਂ ਸੀ, ਪਰ ਇਸ ਬਾਰੇ ਫ਼ਿਲਹਾਲ ਫ਼ੌਜ ਵੱਲੋਂ ਕੋਈ ਵੀ ਅਧਿਕਾਰਤ ਬਿਆਨ ਸਾਹਮਣੇ ਨਹੀਂ ਆਇਆ।
ਦੂਜੇ ਪਾਸੇ, ਪੰਜਾਬ ਪੁਲਿਸ ਵੱਲੋਂ ਇਸ ਮਾਮਲੇ ਵਿਚ 2 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਮੁਲਜ਼ਮਾਂ ਦੀ ਪਛਾਣ ਵਾਜਿਦ ਅਤੇ ਸਾਜਿਦ ਵਜੋਂ ਹੋਈ ਹੈ ਤੇ ਇਹ ਦੋਵੇਂ ਸਕੇ ਭਰਾ ਹਨ। ਇਹ ਦੋਵੇਂ ਉੱਤਰ ਪ੍ਰਦੇਸ਼ ਦੇ ਰਹਿਣ ਵਾਲੇ ਹਨ। ਡੀ. ਐੱਸ. ਪੀ. ਵਰਿੰਦਰ ਸਿੰਘ ਖੋਸਾ ਮੁਤਾਬਕ ਇਹ 3 ਮਹੀਨੇ ਪਹਿਲਾਂ ਹੀ ਇੱਥੇ ਆਏ ਸਨ।
ਦੱਸ ਦਈਏ ਕਿ ਬੀਤੀ ਰਾਤ ਪਿੰਡ ਜੋਧਾਂ ਵਿਚ ਇਕ ਰਿਹਾਇਸ਼ੀ ਇਮਾਰਤ ਵਿਚ ਜ਼ੋਰਦਾਰ ਧਮਾਕਾ ਹੋਇਆ ਸੀ। ਧਮਾਕਾ ਇੰਨਾ ਜ਼ਬਰਦਸਤ ਸੀ ਕਿ ਇਸ ਦੀ ਗੂੰਜ ਕਈ ਕਿਲੋਮੀਟਰ ਦੂਰ ਤੱਕ ਸੁਣਾਈ ਦਿੱਤੀ ਤੇ ਆਲੇ-ਦੁਆਲੇ ਦੇ ਘਰਾਂ ਦੀਆਂ ਖਿੜਕੀਆਂ ਤੱਕ ਹਿੱਲ ਗਈਆਂ। ਇਸ ਦਰਦਨਾਕ ਹਾਦਸੇ ਵਿਚ ਮਲਬੇ ਹੇਠਾਂ ਦੱਬਣ ਕਾਰਨ ਇਕ ਨੌਜਵਾਨ ਦੀ ਮੌਤ ਹੋ ਗਈ, ਜਦੋਂਕਿ ਕਈ ਹੋਰ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ। ਮ੍ਰਿਤਕ ਦੀ ਪਛਾਣ ਮੁਹੰਮਦ ਕੈਫ਼ ਵਜੋਂ ਹੋਈ ਹੈ।
ਹਾਲਾਤ ਦੀ ਗੰਭੀਰਤਾ ਨੂੰ ਦੇਖਦੇ ਸਥਾਨਕ ਪੁਲਿਸ ਤੇ ਫਾਇਰ ਬ੍ਰਿਗੇਡ ਤੋਂ ਇਲਾਵਾ ਫ਼ੌਜ ਦੀ ਟੁਕੜੀ ਨੂੰ ਵੀ ਮੋਰਚਾ ਸੰਭਾਲਣਾ ਪਿਆ। ਜਾਣਕਾਰੀ ਦਿੰਦੇ ਫਾਇਰ ਅਫ਼ਸਰ ਰਜਿੰਦਰ ਨੇ ਦੱਸਿਆ ਕਿ ਰਾਤ ਕਰੀਬ 8:20 ਵਜੇ ਸੂਚਨਾ ਮਿਲੀ ਸੀ ਕਿ ਜੋਧਾਂ ਸਰਕਾਰੀ ਸਕੂਲ ਦੇ ਕੋਲ ਇਕ ਬਿਲਡਿੰਗ ਬਲਾਸਟ ਤੋਂ ਬਾਅਦ ਡਿੱਗ ਗਈ ਹੈ। ਮੁੱਲਾਂਪੁਰ ਤੇ ਲੁਧਿਆਣਾ ਤੋਂ ਪਹੁੰਚੀਆਂ ਫਾਇਰ ਬ੍ਰਿਗੇਡ ਦੀਆਂ ਟੀਮਾਂ ਨੇ ਸਥਾਨਕ ਲੋਕਾਂ ਦੀ ਮਦਦ ਨਾਲ ਤੁਰੰਤ ਬਚਾਅ ਕਾਰਜ ਸ਼ੁਰੂ ਕੀਤੇ। ਮਲਬੇ ਵਿੱਚੋਂ ਕੱਢੇ ਨੌਜਵਾਨ ਨੂੰ ਗੰਭੀਰ ਹਾਲਤ ਵਿਚ ਲੁਧਿਆਣਾ ਦੇ ਸਿਵਲ ਹਸਪਤਾਲ ਪਹੁੰਚਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਉੱਥੇ ਹੀ ਇਕ ਔਰਤ ਤੇ ਇਕ ਹੋਰ ਵਿਅਕਤੀ ਦੇ ਸਿਰ ’ਤੇ ਗੰਭੀਰ ਸੱਟਾਂ ਲੱਗੀਆਂ ਹਨ। ਦੱਸਿਆ ਜਾ ਰਿਹਾ ਹੈ ਕਿ ਇ ਰਿਹਾਇਸ਼ੀ ਕੰਪਲੈਕਸ ਵਿਚ ਚੋਰੀ-ਛੁਪੇ ਪਟਾਕੇ ਬਣਾਉਣ ਦਾ ਕੰਮ ਚੱਲ ਰਿਹਾ ਸੀ ਤੇ ਹਾਦਸੇ ਵੇਲੇ ਉੱਥੇ 17 ਤੋਂ 18 ਲੋਕ ਮੌਜੂਦ ਸਨ।