Free Punjab Alert — Header + Desktop Mega Menu (fixed)

SGPC ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ‘ਤੇ ਨਵਾਂ ਟੈਕਸ ਲਗਾਉਣ ਦਾ ਕੀਤਾ ਵਿਰੋਧ

Sikh Jatha Pilgrim Fee  : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕੇਂਦਰ ਸਰਕਾਰ ਵੱਲੋਂ ਪਾਕਿਸਤਾਨ ਜਾਣ ਵਾਲੇ ਯਾਤਰੂਆਂ ’ਤੇ 400 ਰੁਪਏ (200 ਜਾਣ ਅਤੇ 200 ਆਉਣ ਸਮੇਂ) ਦੀ ਦਾਖ਼ਲਾ ਫੀਸ ਲਗਾਉਣ ਦੇ ਫੈਸਲੇ ਦੀ ਸਖ਼ਤ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਕਿ ਸਿੱਖ ਸ਼ਰਧਾਲੂਆਂ ’ਤੇ ਅਜਿਹਾ ਵਿੱਤੀ ਬੋਝ ਪਾਉਣਾ ਕਿਸੇ ਵੀ ਤਰ੍ਹਾਂ ਜਾਇਜ਼ ਨਹੀਂ ਹੈ।

ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਸਿੱਖ ਸ਼ਰਧਾਲੂਆਂ ਦੀਆਂ ਧਾਰਮਿਕ ਯਾਤਰਾਵਾਂ ‘ਤੇ ਲਗਾਈ ਗਈ ਨਵੀਂ ਫੀਸ ਨੂੰ ਲੈ ਕੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਹਰ ਸਾਲ ਵੱਡੀ ਗਿਣਤੀ ਵਿੱਚ ਸਿੱਖ ਸ਼ਰਧਾਲੂ ਪਾਕਿਸਤਾਨ ਦੇ ਪਵਿੱਤਰ ਗੁਰਦੁਆਰਿਆਂ ਦੇ ਦਰਸ਼ਨ ਕਰਦੇ ਹਨ। ਇੱਕ ਜਥਾ ਕਰਤਾਰਪੁਰ ਸਾਹਿਬ ਲਾਂਘੇ ਰਾਹੀਂ ਯਾਤਰਾ ਕਰਦਾ ਹੈ, ਜਦੋਂ ਕਿ ਦੂਜਾ ਜਥਾ ਅਟਾਰੀ ਸਰਹੱਦ ਦੇ ਰਸਤੇ ਭੇਜਿਆ ਜਾਂਦਾ ਹੈ।

ਐਡਵੋਕੇਟ ਧਾਮੀ ਨੇ ਦੱਸਿਆ ਕਿ ਵਿਸਾਖੀ, ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਗੁਰਪੁਰਬ , ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਅਤੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਵਰਗੇ ਮਹੱਤਵਪੂਰਨ ਮੌਕਿਆਂ ‘ਤੇ ਵਿਸ਼ੇਸ਼ ਜਥੇ ਭੇਜੇ ਜਾਂਦੇ ਹਨ। ਇਹ ਤੀਰਥ ਯਾਤਰਾਵਾਂ ਸਿੱਖ ਭਾਈਚਾਰੇ ਦੀ ਆਸਥਾ ਅਤੇ ਭਾਵਨਾਵਾਂ ਨਾਲ ਜੁੜੀਆਂ ਹੋਈਆਂ ਹਨ।

ਉਨ੍ਹਾਂ ਕਿਹਾ ਕਿ ਪਹਿਲਾਂ ਕਰਤਾਰਪੁਰ ਲਾਂਘੇ ਲਈ 20 ਡਾਲਰ ਦੀ ਫੀਸ ਲਈ ਜਾਂਦੀ ਸੀ ਅਤੇ ਇਸ ਫੀਸ ਨੂੰ ਖਤਮ ਕਰਨ ‘ਤੇ ਵੀ ਵਿਚਾਰ ਕੀਤਾ ਜਾ ਰਿਹਾ ਸੀ ਪਰ ਹੁਣ ਅਟਾਰੀ ਸਰਹੱਦ ‘ਤੇ 200 ਰੁਪਏ ਆਉਣ ਅਤੇ 200 ਰੁਪਏ ਵਾਪਸ ਆਉਣ ਦੀ ਨਵੀਂ ਫੀਸ ਲਗਾਉਣ ਦੀ ਗੱਲ ਸਾਹਮਣੇ ਆਈ ਹੈ, ਜਿਸ ਨਾਲ ਸ਼ਰਧਾਲੂਆਂ ‘ਤੇ ਵਾਧੂ ਵਿੱਤੀ ਬੋਝ ਪੈ ਰਿਹਾ ਹੈ।

ਐਡਵੋਕੇਟ ਧਾਮੀ ਨੇ ਸਪੱਸ਼ਟ ਕੀਤਾ ਕਿ ਦੇਸ਼ ਦੀ ਵੰਡ ਕਾਰਨ ਵਿਛੜੇ ਗੁਰਧਾਮਾਂ ਦੇ ਦਰਸ਼ਨਾਂ ਲਈ ਸਿੱਖ ਸੰਗਤ ਹਮੇਸ਼ਾ ਅਰਦਾਸਾਂ ਕਰਦੀ ਹੈ ਅਤੇ ਸਰਕਾਰ ਦਾ ਇਹ ਨਵਾਂ ਨਿਯਮ ਸੰਗਤ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲਾ ਹੈ। ਉਨ੍ਹਾਂ ਭਾਰਤ ਸਰਕਾਰ ਨੂੰ ਪੁਰਜ਼ੋਰ ਅਪੀਲ ਕੀਤੀ ਕਿ ਸਿੱਖ ਸ਼ਰਧਾਲੂਆਂ ਨੂੰ ਇਸ ਫੀਸ ਦੇ ਦਾਇਰੇ ਤੋਂ ਬਾਹਰ ਰੱਖਿਆ ਜਾਵੇ। ਉਨ੍ਹਾਂ ਮੰਗ ਕੀਤੀ ਕਿ ਕੇਂਦਰ ਸਰਕਾਰ ਤੁਰੰਤ ਇਸ ਫੈਸਲੇ ‘ਤੇ ਮੁੜ ਵਿਚਾਰ ਕਰੇ ਅਤੇ ਨਵੀਂ ਫੀਸ ਵਾਪਸ ਲਵੇ ਤਾਂ ਜੋ ਸ਼ਰਧਾਲੂਆਂ ਨੂੰ ਕੋਈ ਅਸੁਵਿਧਾ ਨਾ ਹੋਵੇ।